ਅਕਾਲੀ ਦਲ ਦੇ ਨੇਤਾ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਸਨ। ਉਹ ਸੁੱਚਾ ਸਿੰਘ ਲੰਗਾਹ ਮਾਮਲੇ ਵਿਚ ਕਾਰਵਾਈ ਦੀ ਮੰਗ ਕਰ ਰਹੇ ਸਨ।

ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਸੱਚ ਸੁਣ ਕੇ ਕਾਰਵਾਈ ਕਰਨ ਦੀ ਬਜਾਏ ਮੈਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋਂ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਰਾਹੀਂ ਦਿੱਤੀ।

Advertisement