ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਦਾ ਬਿਆਨ ਆਇਆ ਸਾਹਮਣੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4-5 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦਾ ਵੀ ਪੱਖ ਸਾਹਮਣੇ ਆਇਆ ਹੈ। ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੋ ਆਵਾਜ਼ ਅਸੀਂ ਉਠਾਈ ਹੈ, ਉਸ ਆਵਾਜ਼ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕਣ ਲਈ ਜੋ ਕੰਮ ਕਰਨ ਦੀ ਲੋੜ ਸੀ, ਉਹ ਕਰਨ ਦੀ ਬਜਾਏ ਪੁਲਿਸ ਦਬਾਅ ਹੇਠ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰਪ੍ਰੀਤ ਦੁਪਹਿਰ 12 ਵਜੇ ਘਰੋਂ ਚਲਾ ਗਿਆ ਸੀ। ਇਸ ਤੋਂ ਬਾਅਦ ਜਦੋਂ ਅਸੀਂ ਕਰੀਬ 2 ਘੰਟੇ ਬਾਅਦ ਫੋਨ ਕੀਤਾ ਤਾਂ ਫੋਨ ਬੰਦ ਸੀ। ਹਰਪ੍ਰੀਤ ਸਿੰਘ ਨੇ ਮੋਗਾ ਦੇ ਬਾਘਾਪੁਰਰਣਾਾ ਵਿੱਚ  ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਮਾਰਚ ‘ਚ ਸ਼ਾਮਲ ਹੋਣਾ ਸੀ। ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ। 

ਖਡੂਰ ਸਾਹਿਬ ਹਲਕੇ ਵਿੱਚ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਹਾਰੇ ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਕਿਹਾ ਕਿ ਇਸ ਨਾਲ ਸਮੁੱਚਾ ਸਿੱਖ ਧਰਮ ਸ਼ਰਮਸਾਰ ਹੋਇਆ ਹੈ। ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ। ਜੀਰਾ ਨੇ ਮੰਗ ਕੀਤੀ ਕਿ ਹਰਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜਾਵੇ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸ ਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।

Advertisement