ਕੈਪਟਨ ਤੋਂ ਬਾਅਦ ਹੁਣ ਪਰਨੀਤ ਕੌਰ ਹੋਣਗੇ BJP ‘ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰੇ ਵਿੱਚ ਕੈਪਟਨ ਪਰਿਵਾਰ ਵਲੋਂ ਨਵੀਂ ਖਬਰ ਨੇ ਹਲਚਲ ਮਚਾ ਦਿੱਤੀ ਹੈ। ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਕੈਪਟਨ ਵੀ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਜਾਣਕਾਰੀ ਮੁਤਾਬਕ, ਪਰਨੀਤ ਕੌਰ ਭਲਕੇ ਦਿੱਲੀ ਵਿਖੇ ਭਾਜਪਾ ਦੇ ਹੈਡ ਕੁਆਟਰ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰਨਗੇ।

ਦਰਅਸਲ, ਲੋਕ ਸਭਾ ਚੋਣਾਂ ਦੇ ਜ਼ਾਬਤੇ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖਬਰਾਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਹ ਵੀ ਖਬਰ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਸਕਦੇ ਹਨ।

ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਤੋਂ ਬਾਅਦ ਆਪਣੀ ਪਾਰਟੀ ਬਣਾਈ ਸੀ ਜਿਸ ਦਾ ਭਾਜਪਾ ਨਾਲ ਗਠਜੋੜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਹੀ ਭਾਜਪਾ ਜੁਆਇਨ ਕਰ ਲਈ ਸੀ। ਉਸ ਤੋਂ ਬਾਅਦ ਲਗਾਤਾਰ, ਪਰਨੀਤ ਕੌਰ ਵਲੋਂ ਵੀ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।

Advertisement