ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, ਜਾਣੋ ਪੂਰਾ ਮਾਮਲਾ

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।

ਐਡਵੋਕੇਟ ਧਾਮੀ ਨੇ ਐਤਵਾਰ ਨੂੰ ਹੋਈ ਪ੍ਰੀਖਿਆ ਵਿੱਚ ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਪ੍ਰੀਖਿਆ ਸੈਂਟਰ ਵਿੱਚ ਜਾਣ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਕੁੜੀ ਐਡਵੋਕੇਟ ਅਰਮਾਨਜੋਤ ਕੌਰ ਨੂੰ ਕਿਰਪਾਨ ਪਾ ਕੇ ਅਦਾਲਤੀ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮਨਮਾਨੀ ਕਾਰਵਾਈ ਕਰਕੇ ਇਕ ਕੁੜੀ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ। 

ਇਸ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਾਉਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਤੋਂ ਪੰਜ ਕਕਾਰਾਂ ਨੂੰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਵਿੱਚ ਸਿੱਖ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ ਜਿੱਥੇ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਪਾਉਣ ਤੋਂ ਰੋਕਿਆ ਜਾਂਦਾ ਹੈ ਅਤੇ ਵਿਰੋਧ ਕਰਨ ਲਈ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦਾਖਲ ਹੋਣ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ।

Advertisement