ਜੇਲ੍ਹ ਵਿੱਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ। ਸੰਸਦ ਦਾ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ 542 ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵਿੱਚੋਂ 539 ਨੇ ਸੰਸਦ ਮੈਂਬਰ ਦੀ ਸਹੁੰ ਚੁੱਕੀ। 

ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੋਣ ਕਾਰਨ ਸੈਸ਼ਨ ਦੌਰਾਨ ਸਹੁੰ ਨਹੀਂ ਚੁੱਕ ਸਕੇ ਸਨ। ਨਵੇਂ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ, ਨਹੀਂ ਤਾਂ ਉਹ ਆਪਣੀ ਮੈਂਬਰਸ਼ਿਪ ਗੁਆ ਸਕਦਾ ਹੈ। ਲੋਕ ਸਭਾ ਚੋਣਾਂ 2024 ਵਿਚ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜ਼ੀਰਾ ਨੂੰ 1 ਲੱਖ 97 ਹਜ਼ਾਰ 120 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੂੰ 4 ਲੱਖ 4 ਹਜ਼ਾਰ 430 ਵੋਟਾਂ ਮਿਲੀਆਂ, ਜਦਕਿ ਕੁਲਦੀਪ ਜ਼ੀਰਾ ਨੂੰ 2 ਲੱਖ 7 ਹਜ਼ਾਰ 310 ਵੋਟਾਂ ਮਿਲੀਆਂ ਸਨ। ਇਸ ਦੇ ਨਾਲ ਹੀ ਇਸ ਸੀਟ ‘ਤੇ ਆਪ ਦੇ ਲਾਲਜੀਤ ਸਿੰਘ ਭੁੱਲਰ 1,94,836 ਵੋਟਾਂ ਲੈ ਕੇ ਤੀਜੇ ਸਥਾਨ ‘ਤੇ ਰਹੇ।

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਹਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ ਤਹਿਤ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ 9 ਹੋਰਾਂ ਦੀ ਹਿਰਾਸਤ 19 ਜੂਨ ਨੂੰ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ। ਇਹ ਸਾਰੇ ਪਿਛਲੇ ਸਾਲ ਮਾਰਚ ਤੋਂ ਜੇਲ੍ਹ ਵਿੱਚ ਹਨ।

Advertisement