ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਵਿਚ ਨਿਗਮ ਚੋਣਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ, ਅਦਾਲਤੀ ਹੁਕਮਾਂ ਦੇ ਬਾਵਜੂਦ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ।
ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ, ਪਰ ਸੂਬਾ ਸਰਕਾਰ ਚੋਣਾਂ ਨਹੀਂ ਕਰਵਾ ਰਹੀ ਹੈ।
ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਹਾਈ ਕੋਰਟ ਨੇ 14 ਅਕਤੂਬਰ ਨੂੰ ਪਿਛਲੀ ਸੁਣਵਾਈ ਦੌਰਾਨ 15 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਪਰ ਪੰਜਾਬ ਸਰਕਾਰ ਨੇ 29 ਅਕਤੂਬਰ ਤੱਕ ਹੁਕਮਾਂ ਉਤੇ ਅਮਲ ਨਹੀਂ ਕੀਤਾ। ਇਸ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਦਾਲਤੀ ਹੱਤਕ ਦੀ ਅਰਜ਼ੀ ਦਾਇਰ ਕੀਤੀ ਗਈ, ਜਿਸ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 10 ਦਿਨਾਂ ਵਿੱਚ ਨਗਰ ਨਿਗਮ ਤੇ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।