ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਅਮਿਤ ਸ਼ਾਹ, ਜਾਣੋ ਕੀ ਰਹੇਗਾ ਖਾਸ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅਮਿਤ ਸ਼ਾਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਸਿਆ ਜਾ ਰਿਹਾ ਹੈ ਕਿ ਮਨੀਮਾਜਰਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਸਕੱਤਰੇਤ ਪਹੁੰਚਣਗੇ। ਉੱਥੇ ਉਹ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਚੰਡੀਗੜ੍ਹ ਭਾਜਪਾ ਦੇ ਕੁਝ ਆਗੂਆਂ ਨਾਲ ਦੁਪਹਿਰ ਦਾ ਭੋਜਨ ਕਰਨਗੇ।

ਜ਼ਿਕਰਯੋਗ ਹੈ ਕਿ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਜਨ ਸਭਾ ਲਈ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਸਨੂੰ ਵਾਟਰ ਪਰੂਫ ਬਣਾਇਆ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਵੀ ਦੌਰੇ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੈ।

Advertisement