ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।  ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। 

ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਪੰਚਾਇਤੀ ਚੋਣਾਂ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਵਾਰ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 

Advertisement