ਰਾਮਦੇਵ ਨੇ ਜਨਤਕ ਤੌਰ ‘ਤੇ ਮੰਗੀ ਮੁਆਫੀ! ਕਿਹਾ, ‘ਮੁੜ ਨਹੀਂ ਹੋਵੇਗੀ ਅਜਿਹੀ ਗਲਤੀ

ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਯੋਗ ਗੁਰੂ ਬਾਬਾ ਰਾਮਦੇਵ ਇਸ ਮਾਮਲੇ ਦੀ ਸੁਣਵਾਈ ਵਿੱਚ ਹਿੱਸਾ ਲੈਣ ਲਈ ਅਦਾਲਤ ਵਿੱਚ ਪਹੁੰਚ ਗਏ ਹਨ। ਇਸ ਦੇ ਨਾਲ ਹੀ ਅਦਾਲਤ ‘ਚ ਆਉਣ ਤੋਂ ਪਹਿਲਾਂ ਬਾਬਾ ਰਾਮਦੇਵ ਦੀ ਸੰਸਥਾ ਪਤੰਜਲੀ ਨੇ ਜਨਤਕ ਮੁਆਫੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਵਿੱਖ ਵਿਚ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਵਰਗੀਆਂ ਗਲਤੀਆਂ ਦੁਬਾਰਾ ਨਹੀਂ ਕੀਤੀਆਂ ਜਾਣਗੀਆਂ। ਕੰਪਨੀ ਨੇ ਕਿਹਾ ਹੈ ਕਿ ਉਹ ਅਦਾਲਤ ਦੀ ਮਰਿਆਦਾ ਨੂੰ ਵੀ ਕਾਇਮ ਰੱਖੇਗੀ।

ਜਨਤਕ ਮਾਫੀਨਾਮਾ ਵਿੱਚ ਪਤੰਜਲੀ ਆਯੁਰਵੇਦ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਅਦਾਲਤ ਅਤੇ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਉੱਤੇ ਕਾਇਮ ਹੈ। ਜਨਤਕ ਮੁਆਫੀਨਾਮੇ ‘ਚ ਬਾਬਾ ਰਾਮਦੇਵ ਨੇ ਆਪਣੇ ਵਕੀਲਾਂ ਰਾਂਹੀ ਅਦਾਲਤ ‘ਚ ਬਿਆਨ ਦੇਣ ਤੋਂ ਬਾਅਦ ਵੀ ਪਤੰਜਲੀ ਦਾ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਅਤੇ ਪ੍ਰੈੱਸ ਕਾਨਫਰੰਸ ਆਯੋਜਿਤ ਕਰਨ ‘ਤੇ ਮੁਆਫੀ ਮੰਗੀ ਹੈ। ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੇਦ ਦੀ ਇਹ ਮੁਆਫੀ ਅਜਿਹੇ ਸਮੇਂ ‘ਚ ਆਈ ਹੈ, ਜਦੋਂ ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਟਕਾਰ ਲਗਾਈ ਸੀ। ਇਸ ਵਿੱਚ ਕਿਹਾ ਗਿਆ ਹੈ, “ਪਤੰਜਲੀ ਆਯੁਰਵੇਦ ਮਾਨਯੋਗ ਸੁਪਰੀਮ ਕੋਰਟ ਦੀ ਮਾਣ-ਮਰਿਆਦਾ ਦਾ ਪੂਰਾ ਸਨਮਾਨ ਕਰਦੀ ਹੈ। ਅਸੀਂ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਬਿਆਨ ਦੇਣ ਦੇ ਬਾਵਜੂਦ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਅਤੇ ਪ੍ਰੈਸ ਕਾਨਫਰੰਸ ਆਯੋਜਿਤ ਕਰਨ ਦੀ ਗਲਤੀ ਲਈ ਦਿਲੋਂ ਮੁਆਫੀ ਮੰਗਦੇ ਹਾਂ।”

ਮੁਆਫੀਨਾਮੇ ਵਿੱਚ ਅੱਗੇ ਕਿਹਾ ਗਿਆ ਹੈ, “ਅਸੀਂ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹਾਂ ਕਿ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਦੁਹਰਾਈ ਜਾਵੇਗੀ। ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਸੰਵਿਧਾਨ ਅਤੇ ਮਾਣਯੋਗ ਸੁਪਰੀਮ ਕੋਰਟ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਚਨਬੱਧ ਰਹਾਂਗੇ।” ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਯੋਗਾ ‘ਚ ਰਾਮਦੇਵ ਦੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਅਤੇ ਆਚਾਰੀਆ ਬਾਲਕ੍ਰਿਸ਼ਨ ਦੀ ਜਾਂਚ ਜਾਰੀ ਰਹੇਗੀ। ਦੋਵਾਂ ਨੂੰ ਆਪਣੀ ਗਲਤੀ ਸੁਧਾਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ। ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਪਤੰਜਲੀ ਦੇ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਸਨੇ ਦੋਸ਼ ਲਗਾਇਆ ਸੀ ਕਿ ਕੰਪਨੀ ਨੇ ਆਧੁਨਿਕ ਦਵਾਈ ਅਤੇ ਕੋਵਿਡ -19 ਵੈਕਸੀਨ ਦੇ ਖਿਲਾਫ ਪ੍ਰਚਾਰ ਕੀਤਾ ਹੈ।

Advertisement