ਬੇਅਦਬੀ ਦੇ ਮਾਮਲੇ ਵਿਚ ਦਰਜ ਤਿੰਨ ਐੱਫਆਈਆਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵਾਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਦੀ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਸੁਣਵਾਈ ’ਤੇ ਸਾਡੇ ਰੋਕ ਦੇ ਹੁਕਮ ਨੂੰ ਸੁਪਰੀਮ ਕੋਰਟ ਹਟਾ ਚੁੱਕੀ ਹੈ, ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ, ਇਸ ਲਈ ਇਸ ’ਤੇ ਹਾਈ ਕੋਰਟ ਵਿਚ ਸੁਣਵਾਈ ਦੀ ਕੋਈ ਲੋੜ ਨਹੀਂ ਹੈ।
ਡੇਰਾ ਸੱਚਾ ਸੌਦਾ ਮੁਖੀ ਨੇ ਆਪਣੇ ਖ਼ਿਲਾਫ਼ ਬੇਅਦਬੀ ਮਾਮਲੇ ਵਿਚ ਦਰਜ ਤਿੰਨਾਂ ਐੱਫਆਈਆਰ ਦੀ ਜਾਂਚ ਪੰਜਾਬ ਪੁਲਿਸ ਦੀ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸੇ ਸਾਲ ਅਪ੍ਰੈਲ ਵਿਚ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ਨੂੰ ਡਬਲ ਬੈਂਚ ਵਿਚ ਸੁਣਵਾਈ ਲਈ ਭੇਜ ਦਿੱਤਾ ਸੀ ਅਤੇ ਨਾਲ ਹੀ ਇਸ ਮਾਮਲੇ ਵਿਚ ਡੇਰਾ ਮੁਖੀ ਖ਼ਿਲਾਫ਼ ਚੱਲ ਰਹੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਸੀ।
ਸਿੰਗਲ ਬੈਂਚ ਦੇ ਇਸ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਦਾਖ਼ਲ ਕਰ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਮਹੀਨੇ 18 ਅਕਤੂਬਰ ਨੂੰ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਦੇ ਹੁਕਮਾਂ ’ਤੇ ਹੀ ਰੋਕ ਲਗਾ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਸੀ।