ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ BJP ‘ਚ ਸ਼ਾਮਲ

ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ ਵੋਟਾਂ ਨਾਲ ਹਰਾਇਆ ਸੀ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਇਸ ਮੌਕੇ ਤੇ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ।

ਤੁਹਾਨੂੰ ਦਸ ਦੇਈਏ ਕਿ ਭਾਜਪਾ ਅੰਮ੍ਰਿਤਸਰ ਸੀਟ ਲਈ ਸਿੱਖ ਚਿਹਰੇ ਦੀ ਤਲਾਸ਼ ਕਰ ਰਹੀ ਸੀ। ਸੰਧੂ ਦਾ ਨਾ ਸਿਰਫ਼ ਸਾਫ਼-ਸੁਥਰਾ ਅਕਸ ਹੈ ਸਗੋਂ ਰਾਜਦੂਤ ਹੋਣ ਦੇ ਨਾਤੇ ਉਨ੍ਹਾਂ ਦੇ ਪਰਵਾਸੀ ਭਾਰਤੀਆਂ ਨਾਲ ਵੀ ਚੰਗੇ ਸਬੰਧ ਹਨ। ਇਸ ਕਾਰਨ ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਅਮਰੀਕਾ ‘ਚ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ। ਸਿੱਖ ਹੋਣ ਦੇ ਨਾਲ-ਨਾਲ ਉਹ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਤਾਮਿਲਨਾਡੂ ਕੇਡਰ ਦੇ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਵਿਧਾਨ ਸਭਾ ਚੋਣਾਂ ‘ਚ ਉਤਾਰਿਆ ਸੀ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਅੰਮ੍ਰਿਤਸਰ ਸੰਸਦੀ ਸੀਟ ਤੋਂ ਸੰਭਾਵੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਐਤਵਾਰ ਨੂੰ ਨਵੀਂ ਦਿੱਲੀ ‘ਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਅੰਮ੍ਰਿਤਸਰ ‘ਚ ਅਮਰੀਕੀ ਵਣਜ ਦੂਤਘਰ ਖੁੱਲ੍ਹਵਾਇਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਮਰੀਕੀ ਸਰਕਾਰ ਵੱਲੋਂ ਭਾਰਤ ਵਿਚ ਦੋ ਹੋਰ ਨਵੇਂ ਵਣਜ ਦੂਤਘਰ ਖੋਲ੍ਹੇ ਜਾਣੇ ਹਨ। ਇਨ੍ਹਾਂ ਵਿਚੋਂ ਇਕ ਅੰਮ੍ਰਿਤਸਰ ‘ਚ ਖੋਲ੍ਹੇ ਜਾਣ ਲਈ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਰੋਸਾ ਦਿੱਤਾ ਹੈ। ਸੰਧੂ ਨੇ ਕਿਹਾ ਸੀ ਕਿ ਅੰਮ੍ਰਿਤਸਰ ‘ਚ ਅਮਰੀਕੀ ਵਣਜ ਦੂਤਘਰ ਖੁੱਲ੍ਹਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਥੋਂ ਵੀਜ਼ਾ ਲੈਣ, ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕ-ਦੂਜੇ ਨਾਲ ਜੁੜਨ ਵਿਚ ਸਹੂਲਤ ਮਿਲੇਗੀ।

Advertisement