ਭਾਰਤੀ ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ, ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇੱਕ ਤੋਂ ਬਾਅਦ ਇੱਕ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ਤੋਂ ਵੱਧ ਨਮੀ ਦੀ ਆਮਦ ਕਾਰਨ ਪਹਾੜੀ ਅਤੇ ਮੈਦਾਨੀ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਨੀਵਾਰ ਤੋਂ ਸੋਮਵਾਰ ਤੱਕ ਗਰਜ, ਬਿਜਲੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਰਾਜਧਾਨੀ ‘ਚ ਬਾਰਿਸ਼ ਹੋਵੇਗੀ ਅਤੇ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਖਾਸ ਗੱਲ ਇਹ ਹੈ ਕਿ ਦਿੱਲੀ ‘ਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ, ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 21.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਵਿਚਾਲੇ ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਚੱਲਦੇ ਮੌਸਮ ਵਿਭਾਗ ਨੇ ਪੌਦਿਆਂ ਅਤੇ ਖੜ੍ਹੀਆਂ ਫਸਲਾਂ ਦੇ ਨੁਕਸਾਨ ਅਤੇ ਗੜੇਮਾਰੀ ਕਾਰਨ ਖੁੱਲ੍ਹੀਆਂ ਥਾਵਾਂ ‘ਤੇ ਮਨੁੱਖਾਂ ਅਤੇ ਜਾਨਵਰਾਂ ਦੇ ਜ਼ਖਮੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਤੇਜ਼ ਹਵਾਵਾਂ ਕਮਜ਼ੋਰ ਇਮਾਰਤਾਂ, ਕੱਚੇ ਘਰਾਂ/ਦੀਵਾਰਾਂ/ਝੋਪੜੀਆਂ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਾ ਸਕਦੀਆਂ ਹਨ।