ਚੰਡੀਗੜ੍ਹ ‘ਚ 45 ਡਿਗਰੀ ਪਾਰਾ, ਇਸ ਦਿਨ ਪਏਗਾ ਮੀਂਹ, ਡਿੱਗੇਗਾ ਪਾਰਾ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਹੈ ਕਿ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 1 ਅਤੇ 2 ਜੂਨ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਆਰੇਂਜ ਅਲਰਟ ਅਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਹੈ। ਵਿਭਾਗ ਵੱਲੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਤਾਪਮਾਨ 45 ਡਿਗਰੀ ਰਿਹਾ ਹੈ।

ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। 17 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ ਸੀ, ਜੋ ਕਿ ਇਸ ਸਾਲ ਦਾ ਸਭ ਤੋਂ ਵੱਧ ਤਾਪਮਾਨ ਸੀ ਪਰ ਮੰਗਲਵਾਰ ਨੂੰ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ। ਵਧਦੀ ਗਰਮੀ ਕਾਰਨ ਬਿਜਲੀ ਅਤੇ ਪਾਣੀ ਦੋਵਾਂ ਦੀ ਮੰਗ ਵਧ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ। ਪੱਖੇ, ਕੂਲਰ ਅਤੇ ਏ.ਸੀ. ਵਰਗੇ ਉਪਕਰਨਾਂ ਦੇ ਚੱਲਣ ਕਾਰਨ ਲੋਡ ਵਧ ਗਿਆ ਹੈ। ਜਿਸ ਦਾ ਸਿੱਧਾ ਅਸਰ ਸਬੰਧਤ ਫੀਡਰ ਦੇ ਟਰਾਂਸਫਾਰਮਰ ’ਤੇ ਪਿਆ ਹੈ।

Advertisement