ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਕਰਨਗੇ ਉਦਘਾਟਨ

ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕਰਨਗੇ। ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਵਿੱਚ 37 ਵੱਖ-ਵੱਖ ਖੇਡਾਂ ਸ਼ਾਮਿਲ ਕੀਤੀਆਂ ਗਈਆਂ ਹਨ। ਸੀਜ਼ਨ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਇਨ੍ਹਾਂ ਖੇਡਾਂ ‘ਚ ਜੇਤੂਆਂ ਖਿਡਾਰੀਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ।

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਅਤੇ ਕੌਮੀ ਖੇਡ ਦਿਵਸ ਮੌਕੇ ਇਹ ਵੱਡ-ਆਕਾਰੀ ਖੇਡ ਮੁਕਾਬਲਾ ਅੱਜ ਸ਼ੁਰੂ ਕੀਤਾ ਜਾਵੇਗਾ। ਇਸ ਤੀਜੇ ਸੀਜ਼ਨ ਵਿੱਚ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ 2024 ਤੱਕ ਹੋਣਗੇ। ਜ਼ਿਲਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ 2024 ਹੋਣਗੇ ਅਤੇ ਸੂਬਾ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ 2024 ਤੱਕ ਹੋਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸ਼ਾਮ ਪੰਜ ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement