ਲਾਲਪੁਰਾ ਦੇ ਬਿਆਨ ਤੇ SGPC ਨੇ ਜਤਾਇਆ ਇਤਰਾਜ, ਕਾਰਵਾਈ ਦੀ ਕੀਤੀ ਅਪੀਲ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਦੇ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਰਚਾ ਖੋਲ੍ਹ ਦਿੱਤਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਬਿਆਨ ‘ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਬਿਆਨ ਦਾ ਨੋਟਿਸ ਲੈਣ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

SGPC ਪ੍ਰਧਾਨ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਹੋਏ ਇੱਕ ਪ੍ਰੋਗਰਾਮ ਦੇ ਦੌਰਾਨ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਗੁਰੂਆਂ ਤੇ ਸਿੱਖ ਭਾਈਚਾਰੇ ਦੀ ਵਿਚਾਰਧਾਰਾ ਦਾ ਅਪਮਾਨ ਹੈ। ਜਿਸਦੇ ਲਈ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਤੋਂ ਅੱਗੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਸਿਰਫ਼ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਤੇ ਸਿੱਖ ਧਰਮ ਵਿੱਚ ਅਵਤਾਰ ਦੀ ਕੋਈ ਥਾਂ ਨਹੀਂ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਨਾ ਹੋ ਸਕੇ।

Advertisement