CM ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਵਧਾਈ ਨਿਆਇਕ ਹਿਰਾਸਤ

ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਦਸ ਦੇਈਏ ਕਿ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ।

ਕੇਜਰੀਵਾਲ ਇਸ ਸਮੇਂ ਸੀਬੀਆਈ ਤੇ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਅਤੇ ਸੀਬੀਆਈ ਨੇ 26 ਜੂਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ‘ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਆਪ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਬੀਆਰਐਸ ਆਗੂ ਕੇ. ਕਵਿਤਾ ਸ਼ਾਮਿਲ ਹੈ। ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਦੀ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

Advertisement